ਪ੍ਰਸ਼ਨ:- ਹੋਲੇ ਮਹੱਲੇ ਦਾ ਕੀ ਅਰਥ ਹੈ?
ਉੱਤਰ:-ਹੋਲੇ ਦਾ ਅਰਥ ਹੈ ਹਮਲਾ ਕਰਨਾ
ਅਤੇ ਮਹੱਲੇ ਦਾ ਅਰਥ ਹੈ ਹਮਲਾ ਕਰਨ ਦੀ ਥਾਂ..
ਪ੍ਰਸ਼ਨ:-ਹੋਲਾ ਮਹੱਲਾ ਕਦੋਂ ਤੋਂ ਸ਼ੁਰੂ ਹੋਇਆ?
ਉੱਤਰ:- ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਮੁਰਦਾ ਹੋ ਚੁੱਕੀ ਭਾਰਤੀ ਖਲਕਤ ਨੂੰ ਉਸ ਵੇਲੇ ਦੇ ਜਾਬਰ ਤੇ ਜਾਲਮ ਹਾਕਮਾਂ ਖਿਲਾਫ ਸੰਘਰਸ਼ ਕਰਨ ਤੇ ਕੌਮ ‘ਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈ: ‘ਚ ਹੋਲੇ ਮਹੱਲੇ ਦੀ ਪ੍ਰੰਪਰਾ ਆਰੰਭ ਕੀਤੀ ਗਈ ਸੀ। ਉਨ੍ਹਾਂ ਵੱਲੋਂ ਖਾਲਸਾਈ ਫੌਜਾਂ ਦੇ ਦੋ ਮਨਸੂਈ ਦਲਾਂ ‘ਚ ਸਾਸ਼ਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਸੀ ।
ਪ੍ਰਸ਼ਨ:- ਹੋਲਾ-ਮਹੱਲਾ ਕਿਵੇਂ ਕਰਵਾਇਆ ਜਾਂਦਾ ਸੀ ?
ਉੱਤਰ:-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਇਸ ਤਿਉਹਾਰ ਦਾ ਸੰਬੰਧ ਸੂਰਮਤਾਈ ਨਾਲ ਜੋੜਿਆ। ਮਹੱਲਾ ਇਕ ਪ੍ਰਕਾਰ ਦੀ ਮਸਨੂਈ ਲੜਾਈ ਹੈ, ਪੈਦਲ ਅਤੇ ਘੋੜ-ਸਵਾਰ ਸ਼ਸਤਰਧਾਰੀ ਸਿੰਘਾਂ ਦੇ ਦਲ ਬਣਾ ਕੇ ਇਕ ਖਾਸ ਹਮਲੇ ਦੀ ਥਾਂ ‘ਤੇ ਹਮਲਾ ਕਰਦੇ ਹਨ ਅਤੇ ਅਨੇਕ ਪ੍ਰਕਾਰ ਦੇ ਕਰਤੱਬ ਦਿਖਾਉਂਦੇ ਹਨ। ਗੁਰੂ ਗੋਬਿੰਦ ਸਿੰਘ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਵਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ ਸਨ। ਜਿਹੜਾ ਦਲ ਜੇਤੂ ਹੁੰਦਾ, ਉਸ ਨੂੰ ਦੀਵਾਨ ਵਿਚ ਸਿਰੋਪਾਓ ਬਖਸ਼ਿਸ਼ ਕਰਦੇ ਸਨ। ਘੋੜਸਵਾਰੀ ਤੇ ਗਤਕੇਬਾਜ਼ੀ ਦੇ ਕਰਤੱਬ ਦੇਖਣਯੋਗ ਹੁੰਦੇ ਹਨ।ਇਸ ਮੌਕੇ ਦੀਵਾਨ ਸਜਦੇ, ਕਥਾ ਕੀਰਤਨ ਹੁੰਦਾ, ਬੀਰਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿਚ ਖੁਦ ਸ਼ਾਮਿਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ।
ਪ੍ਰਸ਼ਨ:- ਹੋਲੇ ਮਹੱਲੇ ਨੂੰ ਅਰੰਭ ਕਰਨ ਦਾ ਨਤੀਜਾ ਕੀ ਨਿਕਲਿਆ?
ਉੱਤਰ:- ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲਾ ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜ਼ੂ ਤਿਉਹਾਰ ‘ਤੇ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ‘ਚੋਂ ਨਿਕਲ ਕੇ ਇਸ ਉਤਸਵ ਵਿਚ ਧੜਾ-ਧੜ ਬੜੇ ਜੋਸ਼ ਅਤੇ ਸਜ ਧਜ ਨਾਲ ਸ਼ਾਮਲ ਹੋਣ ਲੱਗੇ।
