ਅੱਜ ਅਸੀਂ “ਛਿਅ ਘਰ ਛਿਅ ਗੁਰ ਛਿਅ ਉਪਦੇਸ਼” ਵਾਲੇ ਸ਼ਬਦ ਦੇ ਅਰਥਾਂ ਦੀ ਵਿਚਾਰ ਕਰਾਂਗੇ ਜੀ।
ਰਾਗੁ ਆਸਾ ਮਹਲਾ ੧॥
ਛਿਅ ਘਰ ਛਿਅ ਗੁਰ ਛਿਅ ਉਪਦੇਸ ॥
ਗੁਰੁ ਗੁਰੁ ਏਕੋ ਵੇਸ ਅਨੇਕ ॥੧॥
ਬਾਬਾ ਜੈ ਘਰਿ ਕਰਤੇ ਕੀਰਤਿ ਹੋਇ॥
ਸੋ ਘਰੁ ਰਾਖੁ ਵਡਾਈ ਤੋਇ ॥੨॥ ਰਹਾਉ ॥
ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥
ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥
ਅਰਥ: (ਹੇ ਭਾਈ!) ਛੇ ਸ਼ਾਸਤਰ ਹਨ, ਛੇ ਹੀ (ਇਹਨਾਂ ਸ਼ਾਸਤਰਾਂ ਦੇ) ਕਰਤੇ ਹਨ, ਛੇ ਹੀ ਇਹਨਾਂ ਦੇ ਸਿੱਧਾਂਤ ਹਨ। ਪਰ ਇਹਨਾਂ ਸਾਰਿਆਂ ਦਾ ਮੂਲ-ਗੁਰੂ (ਪਰਮਾਤਮਾ) ਇੱਕ ਹੈ। (ਇਹ ਸਾਰੇ ਸਿਧਾਂਤ) ਉਸ ਇੱਕ ਪ੍ਰਭੂ ਦੇ ਹੀ ਅਨੇਕਾਂ ਵੇਸ ਹਨ (ਪ੍ਰਭੂ ਦੀ ਹਸਤੀ ਦੇ ਪਰਕਾਸ਼ ਦੇ ਰੂਪ ਹਨ) ।੧। ਹੇ ਭਾਈ! ਜਿਸ (ਸਤਸੰਗ-) ਘਰ ਵਿਚ ਕਰਤਾਰ ਦੀ ਸਿਫ਼ਤਿ-ਸਾਲਾਹ ਹੁੰਦੀ ਹੈ, ਉਸ ਘਰ ਨੂੰ ਸਾਂਭ ਕੇ ਰੱਖ (ਉਸ ਸਤਸੰਗ ਦਾ ਆਸਰਾ ਲਈ ਰੱਖ। ਇਸੇ ਵਿਚ) ਤੇਰੀ ਭਲਾਈ ਹੈ।੧। ਰਹਾਉ। ਜਿਵੇਂ ਵਿਸੁਏ, ਚਸੇ, ਘੜੀਆਂ, ਪਹਰ, ਥਿੱਤਾਂ, ਵਾਰ, ਮਹੀਨਾ (ਆਦਿਕ) ਅਤੇ ਹੋਰ ਅਨੇਕਾਂ ਰੁੱਤਾਂ ਹਨ, ਪਰ ਸੂਰਜ ਇਕੋ ਹੀ ਹੈ (ਜਿਸ ਦੇ ਇਹ ਸਾਰੇ ਵੱਖ ਵੱਖ ਰੂਪ ਹਨ), ਤਿਵੇਂ, ਹੇ ਨਾਨਕ! ਕਰਤਾਰ ਦੇ (ਇਹ ਸਾਰੇ ਸਿਧਾਂਤ ਆਦਿਕ) ਅਨੇਕਾਂ ਸਰੂਪ ਹਨ।੨। ੨।
ਭੁੱਲਾਂ ਚੁੱਕਾਂ ਦੀ ਖਿਮਾਂ ਜੀ।🙏🏼
ਧੰਨਵਾਦ ਜੀ।🙏🏼
